ਪਟਿਆਲਾ, 22 ਨਵੰਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਇਸੇ ਭਾਵਨਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੀ ਦੁਆਰ ਮੁਹਿੰਮ ਤਹਿਤ ਹਰੇਕ ਪਿੰਡ ਅਤੇ ਵਾਰਡ ਤੱਕ ਸਮੁੱਚਾ ਪ੍ਰਸ਼ਾਸਨ ਪੁੱਜਦਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਕਰਨ ਦਾ ਜੋ ਉਪਰਾਲੇ ਕੀਤਾ ਹੈ, ਲੋਕਾਂ ਵੱਲੋਂ ਵੀ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਸਿਹਤ ਮੰਤਰੀ ਅੱਜ ਪਟਿਆਲਾ ਦੇ ਤ੍ਰਿਪੜੀ, ਗੁਰੂ ਨਾਨਕ ਨਗਰ, ਜੁਝਾਰ ਨਗਰ ਤੇ ਵਾਰਡ ਨੰਬਰ 29 ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣਨ ਤੇ ਉਨ੍ਹਾਂ ਦਾ ਹੱਲ ਕਰਨ ਲਈ ਸਮੁੱਚੇ ਪ੍ਰਸ਼ਾਸਨ ਨਾਲ ਲੋਕਾਂ ਵਿੱਚ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਇਲਾਕਾ ਨਿਵਾਸੀਆਂ ਦੀਆਂ ਛੋਟੀਆਂ ਤੋਂ ਛੋਟੀਆਂ ਮੁਸ਼ਕਲਾਂ ਨੂੰ ਆਪ ਸੁਣਦਿਆਂ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਲਈ ਨਿਰਦੇਸ਼ ਦਿੰਦਿਆਂ ਕਿਹਾ ਕਿ ਖਰਾਬ ਸਟਰੀਟ ਲਾਈਟ ਦਾ ਕੰਮ 7 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਸੀਵਰੇਜ ਦੀ ਸਫ਼ਾਈ ਤੋਂ ਬਾਅਦ ਮਲਬੇ ਦਾ ਢੇਰ ਸੜਕ ਜਾਂ ਗਲੀ ਵਿੱਚ ਲਗਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਦੀ ਸਫ਼ਾਈ ਤੋਂ ਬਾਅਦ ਕੱਢੇ ਗਏ ਮਲਬੇ ਨੂੰ 48 ਘੰਟੇ ਵਿੱਚ ਚੁੱਕਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੇ ਗੇਟਾਂ ਦੇ ਬਾਹਰ ਬਣਾਏ ਜਾਂਦੇ ਰੈਂਪ ਤੇ ਆਵਾਜਾਈ ‘ਚ ਅੜਿਕਾ ਬਣਦੇ ਹੋਰ ਢਾਂਚੇ ਸੜਕਾਂ ਜਾਂ ਗਲੀਆਂ ਵੱਲ ਨਾ ਵਧਾਏ ਜਾਣ, ਇਸ ਨਾਲ ਜਿਥੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉਥੇ ਹੀ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਵਾਰਡਾਂ ਦੀ ਨੁਹਾਰ ਲੋਕਾਂ ਦੇ ਸਹਿਯੋਗ ਨਾਲ ਹੀ ਬਦਲੀ ਜਾ ਸਕਦੀ ਹੈ, ਇਸ ਲਈ ਲੋਕ ਸਰਕਾਰ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋ ਸਕਣ।
ਲਗਾਤਾਰ ਤੀਜੇ ਦਿਨ ਪਟਿਆਲਾ ਦਿਹਾਤੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਵੱਖ ਵੱਖ ਮੁਹੱਲਿਆਂ ਤੇ ਵਾਰਡਾਂ ਦਾ ਦੌਰਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹਰੇਕ ਸਰਕਾਰ ਦਾ ਫ਼ਰਜ਼ ਅਤੇ ਡਿਊਟੀ ਹੈ, ਪਰ ਪਿਛਲੀਆਂ ਸਰਕਾਰਾਂ ਦਾ ਬੁਨਿਆਦੀ ਸਹੂਲਤਾਂ ਵੱਲ ਧਿਆਨ ਨਾ ਹੋਣ ਕਾਰਨ ਹੀ ਆਜ਼ਾਦੀ ਦੇ 75 ਸਾਲ ਬੀਤ ਜਾਣ ਬਾਅਦ ਵੀ ਹਾਲੇ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਤੇ ਗਲੀਆਂ-ਨਾਲੀਆਂ ਦੀ ਸਫ਼ਾਈ ਹੀ ਲੋਕਾਂ ਦੇ ਮੁੱਖ ਮੁੱਦੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਪਿਛਲੇ ਢਾਈ ਸਾਲਾਂ ਵਿੱਚ ਲਾਮਿਸਾਲ ਕੰਮ ਕੀਤੇ ਗਏ ਹਨ, ਜਿਸ ਤਹਿਤ ਸਿਹਤ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਤੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਸ਼ਾਮਲ ਹੈ। ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵੱਡਾ ਸਿੱਖਿਆ ਸੁਧਾਰ ਕੀਤਾ ਹੈ। ਰੋਜ਼ਗਾਰ ਦੇ ਖੇਤਰ ਵਿੱਚ ਕਰੀਬ 48 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਜੋਤ ਕੌਰ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਐਡਵੋਕੇਟ ਰਾਹੁਲ ਸੈਣੀ, ਜਸਵੀਰ ਸਿੰਘ ਗਾਂਧੀ, ਮੇਜਰ ਆਰਪੀਐਸ ਮਲਹੋਤਰਾ, ਪ੍ਰਿਤਪਾਲ ਸਿੰਘ ਭੰਡਾਰੀ, ਰਵਿੰਦਰ ਸਿੰਘ (ਰਵੀ), ਹਰਵਿੰਦਰਪਾਲ ਸਿੰਘ, ਚਰਨਜੀਤ ਸਿੰਘ ਐਸਕੇ, ਜਗਦੇਵ ਸਿੰਘ ਢੀਂਡਸਾ, ਅਮਰਜੀਤ ਸਿੰਘ ਭਾਟੀਆ, ਰੁਪਾਲੀ ਗਰਗ, ਕਿਰਨ, ਪ੍ਰਦੀਪ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਬ੍ਰਮ ਪ੍ਰਕਾਸ਼, ਰੇਸ਼ਮ ਸਿੰਘ ਸਮੇਤ ਵੱਡੀ ਗਿਣਤੀ ਇਲਾਵਾ ਨਿਵਾਸੀ ਮੌਜੂਦ ਸਨ।