21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਪਟਿਆਲਾ, 19 ਜੂਨ:

   21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਖੇਡ, ਸਿੱਖਿਆ, ਪੁਲਿਸ, ਰੈਡ ਕਰਾਸ, ਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ।

         ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ ‘ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।

         ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

         ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *