ਪਿੰਡ ਕਲਿਆਣ ਵਿਖੇ ਸਕੂਲੀ ਵਿਦਿਆਰਥੀਆਂ ਨੇ ਕੱਢੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਰੈਲੀ
ਪਟਿਆਲਾ, 18 ਅਕਤੂਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਪਟਿਆਲਾ ਦੇ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਦੇ ਪ੍ਰਿੰਸੀਪਲ ਰਮਨਦੀਪ ਕੌਰ ਵੱਲੋਂ ਪਿੰਡ ਕਲਿਆਣ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ “ਧਰਤੀ ਮਾਂ ਨੂੰ ਅੱਗ ਨਾ ਲਾਈਏ, ਨੇਕ ਪੁੱਤਾਂ ਦਾ ਫ਼ਰਜ਼ ਨਿਭਾਈਏ” ਦੇ ਨਾਅਰੇ ਲਗਾ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਦੇ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਪੇਂਟਿੰਗ ਵਿਚ ਮਹਿਕਪ੍ਰੀਤ, ਗੁਰਵੀਰ ਅਤੇ ਪਿੰਕੀ ਵੱਲੋਂ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਗਿਆ।
ਇਸ ਤੋਂ ਇਲਾਵਾ ਭਾਸ਼ਣ ਮੁਕਾਬਲਿਆਂ ਵਿਚ ਅੰਸ਼ੂ, ਹਰਲੀਨ ਅਤੇ ਹਰਸ਼ਪ੍ਰੀਤ ਸਿੰਘ ਵੱਲੋਂ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਦੌਰਾਨ ਡਾ. ਅਵਨਿੰਦਰ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸੰਦੇਸ਼ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਤੱਕ ਪਹੁੰਚਾਉਣ ਲਈ ਕਿਹਾ ਗਿਆ। ਇਸ ਸਕੂਲ ਪੱਧਰੀ ਪ੍ਰਤੀਯੋਗਤਾ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਜੈਪਾਲ ਸਿੰਘ ਬਰਾੜ ਅਤੇ ਜਸਪਿੰਦਰ ਕੌਰ ਵੱਲੋਂ ਬੱਚਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਵੱਲੋਂ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਬਾਕੀ ਵਿਦਿਆਰਥੀਆਂ ਨੂੰ ਇਹਨਾਂ ਪ੍ਰਤੀਯੋਗਤਾਵਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਕਿਹਾ ਗਿਆ।