-ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ : ਡਿਪਟੀ ਕਮਿਸ਼ਨਰ
-ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣਗੇ-ਹਰਮਿਲਨ ਬੈਂਸ, ਪ੍ਰਨੀਤ ਕੌਰ
ਪਟਿਆਲਾ, 22 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਏਸ਼ੀਅਨ ਖੇਡਾਂ ਵਿੱਚ ਮੈਡਲ ਜਿੱਤ ਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਖਿਡਾਰਨਾਂ ਹਰਮਿਲਨ ਬੈਂਸ ਅਤੇ ਪ੍ਰਨੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੋਲੋ ਗਰਾਊਂਡ ਦੇ ਮੈਦਾਨ ਵਿੱਚ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੇ ਅੱਜ ਅੰਤਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਵੀ ਤਕਸੀਮ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ ਅਤੇ ਇਹ ਖੇਡਾਂ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੀਆਂ।
ਜੇਤੂਆਂ ਨੂੰ ਇਨਾਮ ਤਕਸੀਮ ਕਰਨ ਮੌਕੇ ਏਸ਼ੀਅਨ ਮੈਡਲਿਸਟ ਹਰਮਿਲਨ ਬੈਂਸ ਤੇ ਪ੍ਰਨੀਤ ਕੌਰ ਨੇ ਕਿਹਾ ਕਿ ਖਿਡਾਰੀਆਂ ਦੇ ਮੁਕਾਬਲੇ ਉਨ੍ਹਾਂ ਦੀ ਖੇਡ ਵਿੱਚ ਨਿਖਾਰ ਲਿਆਉਣ ਲਈ ਜ਼ਰੂਰੀ ਹੁੰਦੇ ਹਨ ਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਨਿਕਲੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣਗੇ।