ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਪਟਿਆਲਾ ਜ਼ਿਲ੍ਹੇ ’ਚ 14 ਲੱਖ 83 ਹਜ਼ਾਰ 457 ਵੋਟਰ
ਪਟਿਆਲਾ, 27 ਅਕਤੂਬਰ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪਟਿਆਲਾ ਦੇ ਅੱਠਾਂ ਵਿਧਾਨ ਸਭਾ ਚੋਣ ਹਲਕਿਆਂ ਦੀ ਫ਼ੋਟੋ ਵੋਟਰ ਸੂਚੀਆਂ ਦਾ ਸੈਟ ਅਤੇ ਸੀ.ਡੀ ਦਿੱਤੀ ਗਈ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 9 ਦਸੰਬਰ 2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮਾਜ ਦੇ ਕੁਝ ਖ਼ਾਸ ਵਰਗ ਜਿਵੇਂ ਕਿ ਦਿਵਿਆਂਗਜਨ, ਟਰਾਂਸਜੈਂਡਰ ਆਦਿ ਦੇ ਯੋਗ ਵਿਅਕਤੀਆਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪਟਿਆਲਾ ਵਿਚ ਕੁੱਲ 1786 ਪੋਲਿੰਗ ਸਟੇਸ਼ਨ ਹਨ ਅਤੇ ਹਰੇਕ ਪੋਲਿੰਗ ਸਟੇਸ਼ਨ ਤੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਬੀ.ਐਲ.ਓ ਦੀ ਨਿਯੁਕਤੀ ਕੀਤੀ ਗਈ ਹੈ। ਜ਼ਿਲ੍ਹਾ ਪਟਿਆਲਾ ਵਿਚ ਕੁੱਲ ਵੋਟਰਾਂ ਦੀ ਗਿਣਤੀ 14,83,457 ਹੈ, ਜਿਸ ਵਿਚ ਕੁੱਲ 776047 ਮਰਦ ਅਤੇ 707346 ਔਰਤ ਅਤੇ 64 ਟਰਾਂਸਜੈਂਡਰ ਹਨ। ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਆਪਣੇ- ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ 4 ਨਵੰਬਰ 2023, 5 ਨਵੰਬਰ 2023, 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੀ.ਐਲ.ਓਜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਯੋਗ ਵਿਅਕਤੀਆਂ ਨੂੰ ਵੋਟ ਪਾਉਣਗੇ | ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸੰਬਰ, 2023 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 5 ਜਨਵਰੀ, 2024 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਵਿੱਚ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਸ਼ਾਮਲ ਨਾਮ ’ਤੇ ਇਤਰਾਜ਼ ਉਠਾਉਣ ਜਾਂ ਵੋਟ ਕੱਟਣ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਕਿਸੇ ਤਰੁੱਟੀ ਨੂੰ ਦਰੁਸਤ ਕਰਨ ਲਈ ਫਾਰਮ ਨੰਬਰ 8, ਪਤੇ ਵਿੱਚ ਸੁਧਾਰ, ਡੁਪਲੀਕੇਟ ਵੋਟਰ ਕਾਰਡ ਆਦਿ ਸ਼ਾਮਲ ਹਨ। ਸਬੰਧਤ ਬੂਥ ਲੈਵਲ ਅਫ਼ਸਰ ਨੂੰ ਦਿੱਤਾ ਜਾਵੇ। ਇਸ ਤੋਂ ਇਲਾਵਾ ਤੁਸੀਂ ਹੈਲਪ ਲਾਈਨ ਐਪ ਜਾਂ ਵੋਟਰ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹੋ।
ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਭੋਲਾ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਰਾਜ ਕੁਮਾਰ, ਮਦਨ ਲਾਲ, ਮਨਸ਼ੀਕ ਗਰਗ, ਆਮ ਆਦਮੀ ਪਾਰਟੀ ਤੋਂ ਰਜਿੰਦਰ ਮਹਿਰਾ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਮਹਿੰਦਰ ਸਿੰਘ ਤੋਂ ਇਲਾਵਾ ਚੋਣ ਤਹਿਸੀਲਦਾਰ ਰਾਮਜੀ ਲਾਲ, ਚੋਣ ਕਾਨੂੰਗੋ ਸ਼ਿਵਾਨੀ ਅਰੋੜਾ ਅਤੇ ਪਰਮਿੰਦਰ ਕੌਰ ਹਾਜ਼ਰ ਸਨ।