ਕੇ.ਵੀ.ਕੇ ਨੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ, 7 ਨਵੰਬਰ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਿੱਤੂਪੁਰ, ਪਟਿਆਲਾ ਵਿਖੇ ਕਰਵਾਇਆ ਗਿਆ।ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਰੈਲੀ ਕਰਵਾਈ ਗਈ ਅਤੇ ਨਾਲ ਹੀ ਭਾਸ਼ਣ,ਲੇਖ ਲਿਖਣਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਅਤੇ ਸਕੂਲ ਸਟਾਫ਼ ਦੀ ਦੇਖ-ਰੇਖ ਅਧੀਨ ਹੋਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ।
ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਅਤੇ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ। ਡਾ ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪਰਾਲੀ ਨੂੰ ਨਾ ਜਲਾਉਣ ਦਾ ਸੰਦੇਸ਼ ਦਿੰਦਾ ਹੋਇਆ ਸਕਿੱਟ ਵੀ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ,ਡਾ. ਅੰਮ੍ਰਿਤਪਾਲ ਕੌਰ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *