-ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ : ਵਰਿੰਦਰ ਸਿੰਘ ਬੈਂਸ
-ਕੈਂਪ ਦੌਰਾਨ ਮਾਹਿਰਾਂ ਨੇ ਵੱਡੀ ਗਿਣਤੀ ਬਜ਼ੁਰਗਾਂ ਦੀ ਸਿਹਤ ਦੀ ਮੌਕੇ ‘ਤੇ ਕੀਤੀ ਜਾਂਚ
ਪਟਿਆਲਾ, 20 ਨਵੰਬਰ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਪਟਿਆਲਾ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ, ਉਥੇ ਹੀ ਇਸ ਕੈਂਪ ਦੌਰਾਨ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟਰੇਸ਼ਨ ਅਤੇ ਹੋਰਨਾਂ ਸਹੂਲਤਾਂ ਲਈ ਵਿਸ਼ੇਸ਼ ਕੈਂਪ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਬਜ਼ੁਰਗਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਕਿਉਂਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਪਾਲਣ ਪੋਸ਼ਣ ਸਦਕਾ ਹੀ ਅਸੀਂ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣਦੇ ਹਾਂ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਸਮਾਗਮ ਦੌਰਾਨ ਡਾ. ਸਵੀਤਾ ਨੇ ਬਿਰਧ ਅਵਸਥਾ ‘ਚ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ‘ਤੇ ਚਾਨਣਾ ਪਾਇਆ ਅਤੇ ਆਯੁਰਵੈਦ ਸਮੇਤ ਮੋਟੇ ਅਨਾਜ ਦੀ ਮਹੱਤਤਾ ਸਬੰਧੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਡਾ. ਰਾਜਦੀਪ ਕੌਰ ਨੇ ਹੋਮਿਓਪੈਥਿਕ ਦਵਾਈਆਂ ਨਾਲ ਬਿਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਨ ਬਾਰੇ ਅਤੇ ਡਾ. ਅਮਰਦੀਪ ਸਿੰਘ ਨੇ ਹੱਡੀਆਂ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਸਵਿੰਦਰ ਸਿੰਘ ਰੇਖੀ ਨੇ ਬਜ਼ੁਰਗਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ।
ਇਸ ਮੌਕੇ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦੌਰਾਨ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਆਏ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਂਝ ਗਲੋਬਲ ਫਾਊਂਡੇਸ਼ਨ, ਮਾਤਾ ਖੀਵੀ ਬਿਰਧ ਆਸ਼ਰਮ, ਬਿਰਧ ਆਸ਼ਰਮ ਚੌਰਾ ਸਮੇਤ ਵੱਡੀ ਗਿਣਤੀ ਬਜ਼ੁਰਗਾਂ ਨੇ ਇਸ ਕੈਂਪ ਦਾ ਲਾਭ ਉਠਾਇਆ।