ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਸਾਈਕਲ ਰੈਲੀ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਹੋਈ ਰਵਾਨਾ

-15 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

-ਸਾਈਕਲ ਰੈਲੀ ਦਾ ਮਕਸਦ ਲੋਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਤੋਂ ਜਾਣੂ ਕਰਵਾਉਣਾ

ਪਟਿਆਲਾ, 5 ਦਸੰਬਰ:

ਸੂਬੇ ਦੇ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਦੇਸ਼ ਦੇ ਸਨਮਾਨ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਹਰ ਸਾਲ 7 ਦਸੰਬਰ ਨੂੰ ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ।ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ। ਇਸ ਮੌਕੇ 11 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ।ਇਸ ਮੌਕੇ ਡਿਪਟੀ ਡਾਇਰੈਕਟਰ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਕਰਨਲ ਐਸ.ਐਸ. ਸੰਘਾ, ਕਮਾਂਡਰ ਰਾਜਵੰਤ ਸਿੰਘ, ਕਰਨਲ ਐਨ.ਐਸ ਸਿੱਧੂ, ਮੇਜਰ ਰਮਨ ਮਲਹੋਤਰਾ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *