ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਭਾਰਤ ਸਰਕਾਰ ਦੁਆਰਾ ਬੁਲਾਈ ਗਈ ਅੰਤਰਰਾਜੀ ਮੀਟਿੰਗ ਵਿੱਚ ਐਸ.ਵਾਈ.ਐਲ. ਦੀ ਉਸਾਰੀ ਦਾ ਡਟ ਕੇ ਵਿਰੋਧ ਕੀਤਾ


ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਕਰਕੇ ਪੰਜਾਬ ਪਹਿਲਾਂ ਹੀ ਡਾਰਕ ਜ਼ੋਨ ‘ਚ

ਸਾਰੇ ਸੂਬਿਆਂ ਦੇ ਹਿੱਤ ਵਿੱਚ ਐਸ.ਵਾਈ.ਐਲ. ਦੀ ਬਜਾਏ ਵਾਈ.ਐਸ. ਐਲ. ਦੀ ਮੰਗ ਕੀਤੀ

ਚੰਡੀਗੜ੍ਹ, 28 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।

ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਵਤ ਵੱਲੋਂ ਬੁਲਾਈ ਗਈ ਅੰਤਰਰਾਜੀ ਮੀਟਿੰਗ ਵਿੱਚ ਪੰਜਾਬ ਦੇ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਆਪਣੀਆਂ ਸਿੰਜਾਈ ਲੋੜਾਂ ਪੂਰੀਆਂ ਕਰਨ ਲਈ 54 ਐਮ.ਏ.ਐਫ. ਤੋਂ ਵੱਧ ਪਾਣੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਸਿਰਫ 14 ਐਮ.ਏ.ਐਫ. ਪਾਣੀ ਹੈ, ਜੋ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਕਿਸੇ ਹੋਰ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਪੰਜਾਬ ਐਸ.ਵਾਈ.ਐਲ. ਦੀ ਉਸਾਰੀ ਦਾ ਸਖ਼ਤੀ ਨਾਲ ਵਿਰੋਧ ਕਰਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 76.5% ਬਲਾਕ (153 ਵਿੱਚੋਂ 117) ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਚੁੱਕਾ ਹੈ, ਜਿੱਥੇ ਪਾਣੀ ਕੱਢਣ ਦਾ ਪੜਾਅ 100% ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਹਰਿਆਣਾ ਵਿੱਚ ਸਿਰਫ਼ 61.5% (143 ਵਿੱਚੋਂ 88) ਬਲਾਕਾਂ ਵਿੱਚ ਪਾਣੀ ਦਾ ਪੱਧਰ ਹੇਠਾਂ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਸੰਕਟ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਜਿਸ ਕਰਕੇ ਸੂਬਾ ਸਰਕਾਰ ਐਸ.ਵਾਈ.ਐਲ. ਦੀ ਉਸਾਰੀ ਲਈ ਚੁੱਕੇ ਗਏ ਕਿਸੇ ਵੀ ਕਦਮ ਦਾ ਡਟਵਾਂ ਵਿਰੋਧ ਕਰੇਗੀ। ਪਾਣੀ ਦੇ ਤੇਜ਼ੀ ਨਾਲ ਘਟ ਰਹੇ ਪੱਧਰ ਤੋਂ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਦੁਬਈ ਅਤੇ ਹੋਰ ਖਾੜੀ ਦੇਸ਼ਾਂ ਵਿੱਚ ਤੇਲ ਕੱਢਣ ਲਈ ਜਿਨ੍ਹਾਂ ਹਾਈ ਪਾਵਰ ਮੋਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹੀ ਮੋਟਰਾਂ ਦੀ ਵਰਤੋਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚਿੰਤਾਜਨਕ ਸਥਿਤੀ ਵਿੱਚ ਸੂਬੇ ਦੇ ਪਾਣੀਆਂ ਦੀ ਵੰਡ ਲਈ ਐਸ.ਵਾਈ.ਐਲ. ਨਹਿਰ ਦੀ ਉਸਾਰੀ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਰਾਖੀ ਲਈ ਅੱਗੇ ਹੋਣ ਵਾਲੀਆਂ ਸੁਣਵਾਈਆਂ ਵਿੱਚ ਵੀ ਸੁਪਰੀਮ ਕੋਰਟ ਵਿੱਚ ਸੂਬੇ ਦੇ ਕੇਸ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਹਰ ਹੀਲੇ ਰਾਖੀ ਕਰੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਵੇਂ ਇਹ ਸੂਬੇ ਹਮੇਸ਼ਾ ਤੋਂ ਹੀ ਸੂਬੇ ਦੇ ਪਾਣੀਆਂ ‘ਤੇ ਆਪਣੇ ਹੱਕ ਦਾ ਦਾਅਵਾ ਕਰਦੇ ਆ ਰਹੇ ਹਨ ਪਰ ਜਦੋਂ ਪਹਾੜੀ ਖੇਤਰਾਂ ਤੋਂ ਆਏ ਵਾਧੂ ਪਾਣੀ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਸੀ ਤਾਂ ਇਨ੍ਹਾਂ ਸੂਬਿਆਂ ਨੇ ਪੰਜਾਬ ਦਾ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਾੜੀ ਖੇਤਰਾਂ ਵਿੱਚ ਜ਼ਿਆਦਾ ਬਰਸਾਤ ਹੋਣ ਕਰਕੇ ਹੜ੍ਹਾਂ ਦੀ ਮਾਰ ਝੱਲੀ ਹੈ ਪਰ ਸਾਡੇ ਪਾਣੀਆਂ ‘ਤੇ ਆਪਣਾ ਹੱਕ ਜਤਾਉਣ ਵਾਲੇ ਇਨ੍ਹਾਂ ਸੂਬਿਆਂ ਨੂੰ ਇਸ ਨਾਲ ਕੋਈ ਲੈਣਾ-ਦੇਣਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਕਰਕੇ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ ਪਰ ਸੂਬੇ ਤੋਂ ਪਾਣੀ ਮੰਗਣ ਵਾਲੇ ਇਨ੍ਹਾਂ ਸੂਬਿਆਂ ਨੂੰ ਇਸ ਦੀ ਕੋਈ ਪਰਵਾਹ ਨਹੀਂ।

Leave a Reply

Your email address will not be published. Required fields are marked *