-ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ
ਪਟਿਆਲਾ, 5 ਜਨਵਰੀ:
ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਹੋਰ ਸਮੂਹ ਅਧਿਕਾਰੀਆਂ ਨਾਲ ਪਲੇਠੀ ਬੈਠਕ ਕਰਕੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਜ਼ਿਲ੍ਹੇ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇ ਖਾਸ ਕਰਕੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ।
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ‘ਚ ਆਪਣੀ ਤਾਇਨਾਤੀ ਮਗਰੋਂ ਸਮੂਹ ਐਸ.ਪੀਜ਼, ਡੀ.ਐਸ.ਪੀਜ਼, ਸਪੈਸ਼ਲ ਯੂਨਿਟਾਂ ਤੇ ਥਾਣਿਆਂ ਦੇ ਮੁਖੀਆਂ ਨਾਲ ਕੀਤੀ ਆਪਣੀ ਪਲੇਠੀ ਬੈਠਕ ਮੌਕੇ ਹਦਾਇਤ ਕੀਤੀ ਕਿ ਪੁਲਿਸ ਦਾ ਹੱਥ ਕਾਨੂੰਨ ਤੋੜਨ ਵਾਲਿਆਂ ਲਈ ਸਖ਼ਤ ਹੋਵੇ ਤੇ ਆਮ ਨਾਗਰਿਕਾਂ ਨੂੰ ਪੁਲਿਸ ਦੀ ਮੌਜੂਦਗੀ ‘ਚ ਆਪਣੇ ਆਪ ਨੂੰ ਸੁਰੱਖਿਅਤ ਹੋਣ ਦੀ ਭਾਵਨਾ ਮਹਿਸੂਸ ਹੋਵੇ, ਇਸ ਲਈ ਸਮੂਹ ਅਧਿਕਾਰੀ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਪੁਲਿਸਿੰਗ ਪ੍ਰਦਾਨ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।
ਡੀ.ਆਈ.ਜੀ. ਭੁੱਲਰ ਨੇ ਵੀ ਇਹ ਹਦਾਇਤ ਕੀਤੀ ਕਿ ਗੰਭੀਰ ਕਿਸਮ ਦੇ ਅਣਸੁਲਝੇ ਮੁਕਦੱਮਿਆਂ ਦੀ ਤਫ਼ਤੀਸ਼ ਡੁੰਘਾਈ ਨਾਲ ਕਰਕੇ ਇਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇ। ਐਨ.ਡੀ.ਪੀ.ਐਸ. ਐਕਟ ਦੇ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਕੇ ਅਟੈਚ ਕਰਨ ਦੀ ਕਾਰਵਾਈ ਵੀ ਤੇਜ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਲੰਬਿਤ ਦਰਖਾਸਤਾਂ ਦਾ ਵੀ ਸਮੇਂ ਸਿਰ ਨਿਬੇੜਾ ਕੀਤਾ ਜਾਵੇ।
ਐਸ.ਐਸ.ਪੀ. ਵਰੁਣ ਸ਼ਰਮਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦੀ ਹੋਈ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖੇਗੀ।