ਪਟਿਆਲਾ, 5 ਜਨਵਰੀ:
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਈ.ਆਰ.ਓਜ ਨੂੰ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ ਵੱਲੋਂ ਕਰਵਾਈ ਗਈ।
ਟ੍ਰੇਨਿੰਗ ‘ਚ ਵਧੀਕ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ -ਕਮ- ਈ.ਆਰ.ਓਜ ਡਾ. ਇਸਮਤ ਵਿਜੈ ਸਿੰਘ, ਚਰਨਜੀਤ ਸਿੰਘ, ਕ੍ਰਿਪਾਲਵੀਰ ਸਿੰਘ, ਤਰਸੇਮ ਚੰਦ, ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ ਰਾਜ ਕਰ ਕਨੂੰ ਗਰਗ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ ਹਾਜ਼ਰ ਸਨ।
ਇਸ ਟ੍ਰੇਨਿੰਗ ਦਾ ਮਕਸਦ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਅਤੇ ਸਾਂਭ ਸੰਭਾਲ ਸਬੰਧੀ ਜਾਣਕਾਰੀ ਦੇਣਾ ਸੀ।
ਇਸ ਮੌਕੇ ਅਧਿਕਾਰੀਆਂ ਨੂੰ ਈ.ਵੀ.ਐਮ., ਵੀਵੀਪੈਟ ਮਸ਼ੀਨ ਦੀ ਵਰਤੋਂ, ਵੋਟਾਂ ਵਾਲੇ ਦਿਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਗਿਣਤੀ ਵਾਲੇ ਦਿਨ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਟਰੇਨਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਹਾਜ਼ਰ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਮੌਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰੇਕ ਪਹਿਲੂ ’ਤੇ ਬਾਰੀਕੀ ਨਾਲ ਟਰੇਨਿੰਗ ਹਾਸਲ ਕਰਨ ਦੀ ਹਦਾਇਤ ਕੀਤੀ। ਟ੍ਰੇਨਿੰਗ ਉਪਰੰਤ ਅਧਿਕਾਰੀਆਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੀ ਮੌਜੂਦ ਸਨ।