ਪਟਿਆਲਾ, 11 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਕਲੀਨਿਕ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਫੀਡ ਬੈਕ ਪ੍ਰਾਪਤ ਕੀਤੀ। ਹਾਜ਼ਰ ਮਰੀਜ਼ਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਕਰਨ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਹੂਲਤਾਂ ਜਿਸ ਵਿੱਚ ਮੈਡੀਕਲ ਚੈੱਕਅਪ, ਮੁਫ਼ਤ ਦਵਾਈਆਂ ਅਤੇ ਕੀਤੇ ਜਾਂਦੇ ਟੈਸਟਾਂ ‘ਤੇ ਤਸੱਲੀ ਪ੍ਰਗਟਾਈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 58 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਇਲਾਜ, ਦਵਾਈਆਂ ਅਤੇ ਮੈਡੀਕਲ ਲੈਬ ਟੈਸਟਾਂ ਦੀ ਮੁਫ਼ਤ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਦੀ ਹੀ ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਜੂਦ ਡਾਕਟਰਾਂ ਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਪੂਰਾ ਲਾਭ ਦਿੱਤਾ ਜਾਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।