ਪਿਛਲੀਆਂ ਸਰਕਾਰਾਂ ਨੇ 30 ਸਾਲ ਮਾਲ ਵਿਭਾਗ ‘ਚ ਭਰਤੀ ਨਾ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਕੀਤਾ-ਬ੍ਰਮ ਸ਼ੰਕਰ ਜਿੰਪਾ

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੋਈਆਂ ਹੱਲ
-ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਪਟਿਆਲਾ ‘ਚ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ
ਪਟਿਆਲਾ, 15 ਜਨਵਰੀ:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਕਰੀਬ 30 ਸਾਲ ਮਾਲ ਮਹਿਕਮੇ ‘ਚ ਪਟਵਾਰੀਆਂ ਤੇ ਹੋਰ ਅਮਲੇ ਦੀ ਭਰਤੀ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਲ ਵਿਭਾਗ ‘ਚ ਪਹਿਲ ਦੇ ਅਧਾਰ ‘ਤੇ ਭਰਤੀ ਕਰਕੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਗਏ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਪਟਿਆਲਾ ਪੁੱਜੇ ਹੋਏ ਸਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਲੰਬਿਤ ਕੰਮ ਕਰਵਾ ਕੇ ਸੰਤੁਸ਼ਟ ਹੋਏ ਲੋਕਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ 1989-90 ਤੋਂ ਮਾਲ ਮਹਿਕਮੇ ‘ਚ ਲਗਾਤਾਰ ਭਰਤੀ ਹੋਈ ਹੁੰਦੀ ਤਾਂ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਨਾ ਹੁੰਦੇ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਵਾਰ ਛੁੱਟੀ ਵਾਲੇ ਦਿਨ ਲਗਾਏ ਗਏ ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਦੇ ਕੈਂਪ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਤੇ ਲੋਕਾਂ ਦੇ ਦਹਾਕਿਆਂ ਪੁਰਾਣੇ ਇੰਤਕਾਲ ਦਰਜ ਕੀਤੇ ਗਏ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਕਮ ਦਿੱਤਾ ਕਿ ਦੂਸਰਾ ਕੈਂਪ ਵੀ ਲਗਾਇਆ ਜਾਵੇ, ਜਿਸ ਦਾ ਅੱਜ ਹਜ਼ਾਰਾਂ ਲੋਕਾਂ ਨੇ ਲਾਭ ਉਠਾਇਆ ਹੈ।
ਮਾਲ ਮੰਤਰੀ ਨੇ ਕਿਹਾ ਕਿ ਅਜਿਹੇ ਕੈਂਪਾਂ ‘ਚ ਪੰਜਾਬ ਭਰ ਵਿੱਚੋਂ ਕਈ ਗੁੰਝਲਦਾਰ ਪੇਚੀਦਗੀਆਂ ਉਭਰਕੇ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਖ਼ੁਦ ਲੋਕਾਂ ਦੀ ਫੀਡਬੈਕ ਲੈ ਰਹੇ ਹਨ ਤਾਂ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਤੁਰੰਤ ਕੱਢਿਆ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸੇ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਰਾਜ ਵਿੱਚ 16000 ਗ਼ੈਰਕਾਨੂੰਨੀ ਕਲੋਨੀਆਂ ਕੱਟੀਆਂ ਗਈਆਂ ਪਰੰਤੂ ਹੁਣ ਮਾਣਯੋਗ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਐਨ.ਓ.ਸੀਜ਼ ਜਲਦੀ ਦਿਵਾਉਣ ਲਈ ਵੀ ਕਾਰਜਪ੍ਰਣਾਲੀ ਨੂੰ ਤੇਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 700 ਪਿੰਡਾਂ ਨੂੰ ਪਹਿਲਾਂ ਹੀ ਐਨ.ਓ.ਸੀਜ ਦੇ ਘੇਰੇ ‘ਚੋਂ ਬਾਹਰ ਕੱਢਿਆ ਗਿਆ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਸਾਰੀਆਂ ਤਹਿਸੀਲ ਤੇ ਸਬ ਤਹਿਸੀਲ ਪੱਧਰ ‘ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਬਾਰੇ ਵਿਸਥਾਰ ‘ਚ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਤਹਿਸੀਲਦਾਰ ਜਿਨਸੂ ਬਾਂਸਲ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *