– ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ
ਚੰਡੀਗੜ੍ਹ, 16 ਜਨਵਰੀ
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਬਦੁਲ ਬਾਰੀ ਸਾਲਮਨੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ।
ਵਣ ਭਵਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਬੋਲਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਇਸੇ ਸੋਚ ਤਹਿਤ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਅਬਦੁਲ ਬਾਰੀ ਸਾਲਮਨੀ ਦੀ ਨਿਯੁਕਤੀ ਕੀਤੀ ਗਈ ਹੈ। ਅਬਦੁਲ ਬਾਰੀ ਸਾਲਮਨੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਉਨ੍ਹਾਂ ਤੱਕ ਪੁੱਜਦੀਆਂ ਕਰਨਗੇ। ਉਨ੍ਹਾਂ ਖੁਦ ਸਾਲਮਨੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਅਬਦੁਲ ਬਾਰੀ ਸਾਲਮਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਵਾਸੀ ਅਬਦੁਲ ਬਾਰੀ ਸਾਲਮਨੀ ਨੇ ਸਮਾਜ ਸੇਵਾ ਵਿਚ ਚੰਗਾ ਨਾਮਣਾ ਖੱਟਿਆ ਹੈ। ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ, ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਕੰਟੇਨਰ ਅਤੇ ਵੇਅਰ ਹਾਊਸ,ਪੰਜਾਬ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਵੀ ਹਾਜ਼ਰ ਸਨ।