ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸ਼ੁਰੂ ਹੋਏ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ

ਪਟਿਆਲਾ, 6 ਫਰਵਰੀ (ਆਪਣਾ ਪੰਜਾਬੀ ਡੈਸਕ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ।
ਪਿੰਡ ਬਾਰਨ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗਣਗੇ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਇਹ ਕੈਂਪ ਇੱਕ ਮਹੀਨਾ ਭਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲਗਾਏ ਜਾਣਗੇ, ਇਸ ਲਈ ਲੋੜਵੰਦ ਲੋਕ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਹਰ ਸਬ ਡਵੀਜਨ ਵਿਖੇ ਰੋਜ਼ਾਨਾ ਚਾਰ ਕੈਂਪ ਲੱਗ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ ‘ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ× । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ.ਡੀ.ਐਮ. ਅਰਵਿੰਦ ਕੁਮਾਰ, ਐਡਵੋਕੇਟ ਰਾਹੁਲ ਸੈਣੀ, ਜਰਨੈਲ ਮੰਨੂ, ਬਲਵਿੰਦਰ ਸੈਣੀ, ਅਮਨ ਭੁੱਲਰ, ਜਸਵਿੰਦਰ ਸਿੰਘ ਖਰੌੜ, ਦਵਿੰਦਰ ਕੌਰ, ਰਾਜ ਕੁਮਾਰ, ਸੰਤੋਖ ਸਿੰਘ ਸਮੇਤ ਹੋਰ ਵਲੰਟੀਅਰ ਅਤੇ ਬੀ.ਡੀ.ਪੀ.ਓ ਬਲਜੀਤ ਕੌਰ ਖ਼ਾਲਸਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *