-ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਬੇਦੀ ਨੇ ਨਲਾਸ ਵਿਖੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ
-ਪੰਜਾਬ ਸਰਕਾਰ ਵੱਲੋਂ ਭੇਜੀਆਂ ਪ੍ਰਚਾਰ ਵੈਨਾਂ ਰਹੀਆਂ ਖਿੱਚ ਦਾ ਕੇਂਦਰ
-ਲੋਕਾਂ ਨੇ ਕੈਂਪਾਂ ਨੂੰ ਦੱਸਿਆ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ
ਪਟਿਆਲਾ, 7 ਫਰਵਰੀ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਲਈ ਲੋਕਾਂ ਨੂੰ ਇਸ ਦਾ ਜਰੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਹ ਵੈਨਾਂ ਅੱਜ ਸਾਰੀਆਂ ਸਬ ਡਵੀਜਨਾਂ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਪੁੱਜੀਆਂ, ਜਿੱਥੇ ਇਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ।
ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਪੁਰਾ ਦੇ ਪਿੰਡ ਨਲਾਸ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ। ਏ.ਡੀ.ਸੀ. ਡਾ. ਬੇਦੀ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ।
ਡਾ. ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਪੁੱਜਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਨੇ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਦਾ ਜਾਇਜ਼ਾ ਲਿਆ ਅਤੇ ਇਸ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ ‘ਤੇ ਤਸੱਲੀ ਪ੍ਰਗਟਾਈ।