8 ਫਰਵਰੀ (ਆਪਣਾ ਪੰਜਾਬ ਡੈਸਕ):
ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ‘ਦਿੱਲੀ ਚੱਲੋ’ ਪ੍ਰੋਗਰਾਮ ਅਰੰਭ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਸਰਕਾਰਾਂ ਅਤੇ ਕਿਸਾਨ ਆਹਮੋ-ਸਾਹਮਣੇ ਹਨ। ਕਿਸਾਨਾਂ ਨੂੰ ਰੋਕਣ ਲਈ ਸਰਕਾਰ ਵਲੋਂ ਕਈ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। ਹਰਿਆਣਾ ‘ਚ ਜਿਥੇ ਬਾਰਡਰ ਸੀਲ ਕੀਤਾ ਗਿਆ ਹੈ ਅਤੇ ਸੜਕਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ, ਉਥੇ ਹੀ ਰਾਜਧਾਨੀ ਦਿੱਲੀ ਨੂੰ ਹਰ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ, ਜਿਸ ਦਾ ਅਸਰ ਹਰ ਪਾਸੇ ਵੇਖਿਆ ਜਾ ਰਿਹਾ ਹੈ। ਜਿਥੇ ਹਵਾਈ ਜਹਾਜ਼ ਦੀਆਂ ਟਿਕਟਾਂ 5 ਗੁਣਾਂ ਮਹਿੰਗੀਆਂ ਹੋ ਗਈਆਂ ਹਨ, ਉਥੇ ਲਗਭਗ 1000 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਠੱਪ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸਤੋਂ ਇਲਾਵਾ ਕਿਸਾਨ ਅੰਦੋਲਨ ਕਾਰਨ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ‘ਤੇ ਵੀ ਮਹਿੰਗਾਈ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਵੇਖਿਆ ਜਾ ਸਕਦਾ ਹੈ।
ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ ਸੀਲ ਹੋਣ ਕਾਰਨ ਹਿਮਾਚਲ ਤੋਂ ਆਉਣ ਵਾਲੇ ਫਲਾਂ ਅਤੇ ਸਬਜ਼ੀਆਂ ਸਮੇਤ ਇੱਕ-ਦੂਜੇ ਰਾਜਾਂ ‘ਚ ਆਯਾਤ-ਨਿਰਯਾਤ ਪ੍ਰਭਾਵਤ ਹੋਇਆ ਹੈ। ਦਿੱਲੀ ਤੋਂ ਟਿਕਰੀ ਬਾਰਡਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਹੋ ਗਈ ਹੈ, ਜਿਸ ਕਾਰਨ ਹਰਿਆਣਾ ਦਾ 1000 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਪ੍ਰਭਾਵਤ ਹੋਇਆ ਹੈ। ਇਸਤੋਂ ਇਲਾਵਾ ਹਰਿਆਣਾ ਸਰਕਾਰ ਨੂੰ ਵੀ ਸਰਕਾਰੀ ਬੱਸਾਂ ਨਾ ਚੱਲਣ ਕਾਰਨ 10 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਹਰਿਆਣਾ ਤੋਂ ਪੰਜਾਬ ਲਈ ਰੋਜ਼ਾਨਾ 400 ਬੱਸਾਂ ਚਲਦੀਆਂ ਹਨ, ਪਰ ਅੰਦੋਲਨ ਕਾਰਨ ਇਹ ਹੁਣ ਬੰਦ ਹਨ।