ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ, ਵੇਖੋ ਹਰਿਆਣਾ-ਪੰਜਾਬ ਦੀ ਹੱਦ ਉਤੇ ਤਾਜ਼ਾ ਹਾਲਾਤ

ਸ਼ੰਭੂ ਬਾਰਡਰ,16 ਫਰਵਰੀ (ਆਪਣਾ ਪੰਜਾਬੀ ਡੈਸਕ): ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ 65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ। ਉਹ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫਿਲਹਾਲ ਉਸ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਲਿਆਂਦੀ ਜਾਵੇਗੀ ਅਤੇ ਕਿਸਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਕੇਂਦਰੀ ਮੰਤਰੀਆਂ ਨਾਲ ਚੰਡੀਗੜ੍ਹ ਵਿੱਚ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਪ੍ਰੈਸ ਕਾਨਫਰੰਸ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਦੱਸਣਗੇ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਕਿਸਾਨ ਐਤਵਾਰ ਤੱਕ ਹੱਦ ‘ਤੇ ਖੜ੍ਹੇ ਰਹਿਣਗੇ ਅਤੇ ਅੱਗੇ ਨਹੀਂ ਵਧਣਗੇ। ਕਿਉਂਕਿ ਐਤਵਾਰ ਨੂੰ ਚੰਡੀਗੜ੍ਹ ਵਿੱਚ ਸਰਕਾਰ ਅਤੇ ਕਿਸਾਨਾਂ ਵਿਚਾਲੇ ਇੱਕ ਹੋਰ ਮੀਟਿੰਗ ਹੋਣੀ ਹੈ।

Leave a Reply

Your email address will not be published. Required fields are marked *