ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕੇਸ ਦਰਜ ਕਰਾਂਗੇ: ਮਾਨ

ਖਨੌਰੀ, 22 ਫਰਵਰੀ(ਆਪਣਾ ਪੰਜਾਬੀ ਡੈਸਕ):   ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਨਾਲ ਟਕਰਾਅ ਦੌਰਾਨ ਨੌਜਵਾਨ ਕਿਸਾਨ ਦੀ ਮੌਤ ਉਤੇ ਡੂੰਘਾ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੋਸਟ ਮਾਰਟਮ ਉਪਰੰਤ ਨੌਜਵਾਨ ਸ਼ੁਭਕਰਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਪੁਲਿਸ ਕੇਸ ਦਰਜ ਕਰਾਂਗੇ।

ਉਨ੍ਹਾਂ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਰਕਾਰ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜ਼ਖ਼ਮੀਆਂ ਦੀ ਮਦਦ ਲਈ ਪੰਜਾਬ ਸਰਕਾਰ ਤਰਫੋਂ ਕੈਬਨਿਟ ਵਜ਼ੀਰ ਡਾ. ਬਲਵੀਰ ਸਿੰਘ ਨੂੰ ਪਟਿਆਲਾ, ਡਾ.ਬਲਜੀਤ ਕੌਰ ਨੂੰ ਪਾਤੜਾਂ/ਖਨੌਰੀ ਅਤੇ ਵਿਧਾਇਕ ਡਾ.ਚਰਨਜੀਤ ਸਿੰਘ ਨੂੰ ਰਾਜਪੁਰਾ ਹਸਪਤਾਲ ਵਿਚ ਤਾਇਨਾਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰੇ। ਉਨ੍ਹਾਂ ਪੰਜਾਬੀਆਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ‘ਚੋਂ 3 ਵਾਰ ਉਹ ਖ਼ੁਦ ਮੀਟਿੰਗਾਂ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਵੱਲ ਜਾ ਰਹੇ ਹਨ, ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ‘ਤੇ ਹੀ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਦਿੱਲੀ ਜਾਣ ਲਈ ਹਰਿਆਣਾ ਵਿਚੋਂ ਗੁਜ਼ਰ ਰਹੇ ਹਨ, ਪਰ ਪਤਾ ਨਹੀਂ ਉਹ ਕਿਉਂ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕ ਰਹੀ ਹੈ।

Leave a Reply

Your email address will not be published. Required fields are marked *