ਪਟਿਆਲਾ, 23 ਫਰਵਰੀ(ਆਪਣਾ ਪੰਜਾਬੀ ਡੈਸਕ): ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਜਿਹੜੇ ਪਰਿਵਾਰ 3.5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਹਿਲਾਂ ਪ੍ਰਾਪਤ ਕਰ ਚੁੱਕੇ ਹਨ, ਅਤੇ ਵਧਾਈ ਗਈ ਮੁਆਵਜ਼ਾ ਰਾਸ਼ੀ ਅਜੇ ਤੱਕ ਪ੍ਰਾਪਤ ਨਹੀਂ ਕਰ ਸਕੇ, ਉਹ ਦਿੱਲੀ ਸਰਕਾਰ ਵੱਲੋਂ ਵਧਾਈ ਗਈ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਾਪਤ ਕਰਨ ਲਈ ਦਿੱਲੀ ਸਰਕਾਰ ਦੇ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦਰਖਾਸਤ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਏ ਦਿੱਲੀ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਲਈ ਜਾਰੀ ਜਨਤਕ ਨੋਟਿਸ ਦੇ ਹਵਾਲੇ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਵੱਸਦੇ 84 ਦੇ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਇਹ ਵਧਾਈ ਗਈ ਸਹਾਇਤਾ ਰਾਸ਼ੀ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ, ਜਿਨ੍ਹਾਂ ਨੇ ਪਹਿਲਾਂ 3.5 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਕੀਤੀ ਸੀ ਅਤੇ ਉਨ੍ਹਾਂ ਨੇ ਇਹ ਵਧਾਈ ਗਈ ਸਹਾਇਤਾ ਰਾਸ਼ੀ ਅਜੇ ਤੱਕ ਪ੍ਰਾਪਤ ਨਹੀਂ ਕੀਤੀ ਹੈ।
ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਵੱਲੋਂ ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜਾਂ ਤੇ ਸਬੂਤਾਂ ਸਮੇਤ ਦਿੱਲੀ ਸਰਕਾਰ ਦੇ ਸਬੰਧਤ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦਰਖਾਸਤ ਦਿੱਤੀ ਜਾਵੇ, ਜਿਸ ਦਫ਼ਤਰ ਪਾਸੋਂ ਉਹ 3.5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਪ੍ਰਾਪਤ ਕਰ ਚੁੱਕੇ ਹਨ।