ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੋਸਟਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ

ਪਟਿਆਲਾ, 19 ਮਾਰਚ (ਆਪਣਾ ਪੰਜਾਬੀ ਡੈਸਕ):   ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਸਮੇਂ ਦੌਰਾਨ ਗ਼ੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ।
ਇੱਥੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਏਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਨਾ ਕਰੇ, ਜਿਸ ‘ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਚੋਣ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਰਿਟਰਨਿੰਗ ਅਫ਼ਸਰ ਕੋਲ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਦੇ ਨੁਮਾਇੰਦਿਆਂ ਨੂੰ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗ਼ੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਪ੍ਰਿੰਟਿੰਗ ਪ੍ਰੈਸਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣਗੇ।
ਫੋਟੋ-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਪ੍ਰਿੰਟਿੰਗ ਪ੍ਰੈਸਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।

Leave a Reply

Your email address will not be published. Required fields are marked *