ਪਟਿਆਲਾ, 24 ਜੂਨ:
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਵਿਖੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ ਅੱਜ ਲੋਕ ਮਿਲਣੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਰਿਕਾਰਡਤੋੜ ਲੋਕਪੱਖੀ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਨਵੇਂ ਖਿਡਾਰੀ ਪੈਦਾ ਕਰਨ ਤੇ ਨੌਜਵਾਨਾਂ ਦੇ ਖੇਡਣ ਲਈ ਵਧੀਆ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤੱਤਪਰ ਹੈ ਤਾਂ ਜੋ ਹਰ ਖੇਤਰ ਵਿੱਚ ਪੰਜਾਬ ਨੂੰ ਮਜ਼ਬੂਤ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਸਕੂਲਾਂ ਕਾਲਜਾਂ ਵਿੱਚ ਚੰਗੀ ਸਿੱਖਿਆ ਅਤੇ ਹਸਪਤਾਲਾਂ ਤੇ ਆਮ ਆਦਮੀ ਕਲੀਨਿਕਾਂ ਵਿੱਚ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਹੋਰ ਬਹੁਤ ਸਾਰੀਆਂ ਬਣਦੀਆਂ ਸਹੂਲਤਾਂ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਹਰ ਹਫਤੇ ਸੋਮਵਾਰ ਤੇ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੋਕ ਮਿਲਣੀ ਤਹਿਤ ਆਮ ਲੋਕ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮਿਲ ਸਕਦੇ ਹਨ।